ਬਠਿੰਡਾ – ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰ ਫਿਰ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕੰਗਨਾ ਰਣੌਤ ਨੂੰ 29 ਸਤੰਬਰ 2025 ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿਤੇ ਹਨ। ਮਹਿੰਦਰ ਕੌਰ ਦੇ ਵਕੀਲ ਰਘੂਵੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਪਹਿਲਾਂ ਵੀ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਪ੍ਰਾਪਤ ਨਹੀਂ ਹੋਏ ਇਸ ਲਈ ਅਦਾਲਤ ਨੇ ਹੁਣ ਐਸਐਸਪੀ ਰਾਹੀਂ ਸੰਮਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਕੀਲ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦੀ ਹੀ ਇਕ ਅਰਜ਼ੀ ਦਾਇਰ ਕੀਤੀ ਜਾਵੇਗੀ, ਜਿਸ ਵਿਚ ਕੰਗਨਾ ਨੂੰ ਵਿਦੇਸ਼ ਜਾਣ ਤੋਂ ਰੋਕਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਹ ਕਾਨੂੰਨੀ ਪ੍ਰਕਿਰਿਆ ਤੋਂ ਬਚ ਨਾ ਸਕੇ। ਧਿਆਨ ਦੇਣ ਯੋਗ ਹੈ ਕਿ ਕੰਗਨਾ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਸਾਨ ਮਹਿੰਦਰ ਕੌਰ ਬਾਰੇ ਟਿੱਪਣੀ ਕਰਨ ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਪਰ ਉਸਨੂੰ ਕਿਤੇ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਵੀ ਉਸ ਦੀ ਅਪੀਲ ਰੱਦ ਕਰ ਦਿੱਤੀ। ਕਿਸਾਨ ਸੰਗਠਨਾਂ ਅਤੇ ਸਮਾਜ ਸੇਵਕਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਇਕ ਬਜ਼ੁਰਗ ਮਹਿਲਾ ਕਿਸਾਨ ਦਾ ਅਪਮਾਨ ਕਰਨ ਦੇ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।

